ਅੰਮ੍ਰਿਤਸਰ 'ਚ ਮੀਂਹ ਕਾਰਨ ਡਿੱਗੀ ਘਰ ਦੀ ਛੱਤ, 1 ਦੀ ਮੌਤ, ਦੋ ਜ਼ਖਮੀ

ਪਿੰਡ ਵਾਸੀ ਰਾਜਵਿੰਦਰ ਸਿੰਘ ਦੇ ਘਰ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਉਸ ਦੀ 12 ਸਾਲਾ ਧੀ ਮਲਬੇ ਹੇਠ ਦੱਬ ਗਈ।

ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਸਠਿਆਲਾ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਪਿੰਡ ਵਾਸੀ ਰਾਜਵਿੰਦਰ ਸਿੰਘ ਦੇ ਘਰ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਉਸ ਦੀ 12 ਸਾਲਾ ਧੀ ਮਲਬੇ ਹੇਠ ਦੱਬ ਗਈ।

ਹਾਦਸੇ ਵਿੱਚ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਬ-ਡਵੀਜ਼ਨਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪਰਿਵਾਰ ਨੂੰ ਮਲਬੇ ਹੇਠੋਂ ਕੱਢਿਆ ਅਤੇ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਸੂਚਨਾ ਮਿਲਦੇ ਹੀ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੋਂਗ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਸੰਭਵ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

ਵਿਧਾਇਕ ਨੇ ਕਿਹਾ ਕਿ ਲੜਕੀ ਦੀ ਮੌਤ ਦੇ ਡੂੰਘੇ ਸਦਮੇ ਨੂੰ ਕਦੇ ਵੀ ਦੂਰ ਨਹੀਂ ਕੀਤਾ ਜਾ ਸਕਦਾ, ਪਰ ਪ੍ਰਸ਼ਾਸਨ ਅਤੇ ਸਰਕਾਰ ਪਰਿਵਾਰ ਦੇ ਨਾਲ ਖੜ੍ਹਾ ਹੈ।