CM ਮਾਨ ਹਸਪਤਾਲ 'ਚ ਭਰਤੀ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕਰਨਗੇ ਮੁਲਾਕਾਤ

ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸੁਧਰ ਰਹੀ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਹਸਪਤਾਲ ਵਿੱਚ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦਾਖਲ ਹੋਣ ਦੀ ਸਲਾਹ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖਲ ਕਰਵਾਇਆ ਗਿਆ।

ਸਿਹਤ ਖਰਾਬ ਹੋਣ ਤੋਂ ਬਾਅਦ ਕਰਵਾਇਆ ਗਿਆ ਹਸਪਤਾਲ ਦਾਖ਼ਲ

ਜਾਣਕਾਰੀ ਅਨੁਸਾਰ, ਭਗਵੰਤ ਮਾਨ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ। ਇਸ ਕਾਰਨ ਉਨ੍ਹਾਂ ਦਾ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਮੁਲਤਵੀ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਆਰਾਮ ਕਰ ਰਹੇ ਸਨ ਅਤੇ ਉੱਥੇ ਇਲਾਜ ਅਧੀਨ ਸਨ ਪਰ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ।ਮੁੱਖ ਮੰਤਰੀ ਦੀ ਸਿਹਤ ਵਿਗੜਨ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਪ੍ਰਸਤਾਵਿਤ ਕੈਬਨਿਟ ਮੀਟਿੰਗ ਵੀ ਮੁਲਤਵੀ ਕਰਨੀ ਪਈ।