ਸ੍ਰੀ ਹਰਿਮੰਦਰ ਸਾਹਿਬ ‘ਚ ਪਾਣੀ ਭਰਨ ਦੀ ਅਫਵਾਹਾਂ ‘ਤੇ ਬੋਲੇ ਗ੍ਰੰਥੀ ਗਿਆਨੀ ਰਘੁਬੀਰ ਸਿੰਘ, ਕਿਹਾ- ਡਰਨ ਦੀ ਕੋਈ ਲੋੜ ਨਹੀਂ....

ਬਹੁਤ ਸਾਰੇ ਸ਼ਰਧਾਲੂ ਪਰੇਸ਼ਾਨ ਹੋ ਗਏ ਸਨ ਕਿ ਪਵਿੱਤਰ ਸਥਾਨ 'ਤੇ ਸੱਚਮੁੱਚ ਪਾਣੀ ਭਰ ਗਿਆ ਹੈ।

ਇੰਟਰਨੈੱਟ 'ਤੇ ਵਾਇਰਲ ਇੱਕ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਇਸ ਸਮੇਂ ਦੋ ਫੁੱਟ ਡੂੰਘੇ ਪਾਣੀ ਨਾਲ ਭਰਿਆ ਹੋਇਆ ਹੈ। ਇਸ ਹੈਰਾਨ ਕਰਨ ਵਾਲੀ ਵੀਡੀਓ ਨੇ ਸ਼ਰਧਾਲੂਆਂ ਅਤੇ ਸਿੱਖ ਧਰਮ ਦੇ ਪੈਰੋਕਾਰਾਂ ਵਿੱਚ ਵਿਆਪਕ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬਹੁਤ ਸਾਰੇ ਸ਼ਰਧਾਲੂ ਪਰੇਸ਼ਾਨ ਹੋ ਗਏ ਸਨ ਕਿ ਪਵਿੱਤਰ ਸਥਾਨ 'ਤੇ ਸੱਚਮੁੱਚ ਪਾਣੀ ਭਰ ਗਿਆ ਹੈ।

ਦੱਸ ਦਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਦੋ -ਦੋ ਫੁੱਟ ਪਾਣੀ ਭਰ ਚੁੱਕਿਆ ਹੈ। ਅਜਿਹੀ ਕੋਈ ਗੱਲ ਨਹੀਂ ਹੈ ,ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਇੱਕ ਬੂੰਦ ਵੀ ਪਾਣੀ ਦੀ ਨਹੀਂ ਹੈ। ਉਨ੍ਹਾਂ ਕਿਹਾ ਸੰਗਤਾਂ ਜਿਵੇਂ ਪਹਿਲਾਂ ਦਰਸ਼ਨ ਕਰਨ ਆ ਰਹੀਆਂ ਸਨ ,ਉਵੇਂ ਹੀ ਦਰਸ਼ਨ ਕਰਨ ਹੁਣ ਵੀ ਆ ਰਹੀਆਂ ਹਨ, ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਸੁਰੱਖਿਆ ਏਜੰਸੀਆਂ ਅਤੇ ਪ੍ਰਬੰਧਕ ਕਮੇਟੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਦਰਬਾਰ ਸਾਹਿਬ ਦੇ ਅੰਦਰ ਅਤੇ ਆਲੇ-ਦੁਆਲੇ ਦੀ ਸਥਿਤੀ ਪੂਰੀ ਤਰ੍ਹਾਂ ਆਮ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ 'ਤੇ ਹੀ ਭਰੋਸਾ ਕਰਨ।