ਅੰਮ੍ਰਿਤਸਰ 'ਚ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਗੈਰ ਕਾਨੂੰਨੀ ਹਥਿਆਰਾਂ ਸਮੇਤ 1 ਵਿਅਕਤੀ ਗ੍ਰਿਫਤਾਰ

ਮੁਲਜ਼ਮ ਇੱਕ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

ਪੰਜਾਬ ਦੇ ਅੰਮ੍ਰਿਤਸਰ ਵਿੱਚ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਤੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ (PX5) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ ਜੋ ਕਿ ਪੰਡੋਰੀ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਮੁਲਜ਼ਮ ਇੱਕ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸ ਦੇ ਯੂ.ਕੇ. ਅਧਾਰਤ ਗੈਂਗਸਟਰ ਧਰਮਾ ਸੰਧੂ ਨਾਲ ਸਿੱਧੇ ਸਬੰਧ ਸਨ ਜੋ ਕਿ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਹਰਵਿੰਦਰ ਰਿੰਦਾ ਪਾਕਿਸਤਾਨ ਅਧਾਰਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਸੰਚਾਲਕ ਹੈ, ਜਿਸ ਨੂੰ ਪਾਕਿਸਤਾਨ ਦੀ ਆਈ.ਐੱਸ.ਆਈ. ਦਾ ਸਮਰਥਨ ਪ੍ਰਾਪਤ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਅੱਤਵਾਦੀ ਨੈੱਟਵਰਕ ਨਾਲ ਲਿੰਕ

ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਧਰਮ ਸੰਧੂ ਅਤੇ ਰਿੰਦਾ ਵਰਗੇ ਅੱਤਵਾਦੀ ਨੈੱਟਵਰਕ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮਕਸਦ ਲਈ ਸੂਬੇ ਦੇ ਸਥਾਨਕ ਨੌਜਵਾਨਾਂ ਨੂੰ ਸ਼ਾਮਲ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਲਕੀਤ ਸਿੰਘ ਨੂੰ ਕਿਸ ਚੈਨਲ ਰਾਹੀਂ ਹਥਿਆਰ ਉਪਲਬਧ ਕਰਵਾਏ ਗਏ ਸਨ ਅਤੇ ਕਿਹੜੀਆਂ ਘਟਨਾਵਾਂ ਲਈ ਇਸ ਦੀ ਵਰਤੋਂ ਕੀਤੀ ਜਾਣੀ ਸੀ।