ਜਲੰਧਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ

ਮੰਗਲਵਾਰ ਸਵੇਰੇ ਪੰਜਾਬ ਦੇ ਜਲੰਧਰ 'ਚ ਕਪੂਰਥਲਾ ਰੋਡ 'ਤੇ ਮੰਡ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ।

ਮੰਗਲਵਾਰ ਸਵੇਰੇ ਪੰਜਾਬ ਦੇ ਜਲੰਧਰ 'ਚ ਕਪੂਰਥਲਾ ਰੋਡ 'ਤੇ ਮੰਡ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ 'ਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ, ਇੱਕ ਤੇਜ਼ ਰਫ਼ਤਾਰ ਪੀਆਰਟੀਸੀ ਬੱਸ (ਸਰਕਾਰੀ ਬੱਸ) ਉਲਟ ਦਿਸ਼ਾ ਤੋਂ ਆ ਰਹੀ ਸੀ ਅਤੇ ਅਚਾਨਕ ਸਾਹਮਣੇ ਤੋਂ ਆ ਰਹੇ ਇੱਕ ਛੋਟੇ ਮਿੰਨੀ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਿੰਨੀ ਟਰੱਕ ਦੇ ਟੁਕੜੇ-ਟੁਕੜੇ ਹੋ ਗਏ ਅਤੇ ਉਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਕਪੂਰਥਲਾ ਸਬਜ਼ੀ ਮੰਡੀ ਦੇ ਵਪਾਰੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਵੇਰੇ ਸਬਜ਼ੀਆਂ ਲੈ ਕੇ ਜਲੰਧਰ ਵੱਲ ਜਾ ਰਹੇ ਸਨ। ਮਕਸੂਦਾਂ ਥਾਣੇ ਦੀ ਪੁਲਸ ਜਾਂਚ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ।ਹਾਦਸੇ ਤੋਂ ਕੁਝ ਘੰਟਿਆਂ ਬਾਅਦ, ਪੁਲਸ ਨੇ ਬੱਸ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਾਦਸੇ ਦਾ ਅਸਲ ਕਾਰਨ ਕੀ ਸੀ।

ਸਬਜ਼ੀਆਂ ਲੈ ਕੇ ਜਾ ਰਹੇ ਸੀ ਜਲੰਧਰ

 ਹਾਦਸੇ ਦੀ ਖ਼ਬਰ ਫੈਲਦੇ ਹੀ ਇਲਾਕੇ 'ਚ ਹਫੜਾ-ਦਫੜੀ ਮਚ ਗਈ ਅਤੇ ਵੱਡੀ ਗਿਣਤੀ 'ਚ ਲੋਕ ਮੌਕੇ 'ਤੇ ਇਕੱਠੇ ਹੋ ਗਏ। ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਪੂਰਥਲਾ-ਜਲੰਧਰ ਸੜਕ 'ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਅਤੇ ਪ੍ਰਸ਼ਾਸਨ ਤੋਂ ਦੋਸ਼ੀ ਬੱਸ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮ੍ਰਿਤਕਾਂ 'ਚ ਰਾਕੇਸ਼ ਪੁੱਤਰ ਮੋਹਿਤ ਨਿਵਾਸੀ ਦੀਪ ਨਗਰ ਕਲੋਨੀ (ਕਪੂਰਥਲਾ), ਮੁਕੇਸ਼ ਕੁਮਾਰ ਪੁੱਤਰ ਸੁਧੀਰ ਸਿੰਘ ਨਿਵਾਸੀ ਨਵੀਂ ਸਬਜ਼ੀ ਮੰਡੀ (ਕਪੂਰਥਲਾ) ਅਤੇ ਈਸ਼ਵਰ ਬਿੰਦ ਪੁੱਤਰ ਮਹਿੰਦਰ ਬਿੰਦ ਨਿਵਾਸੀ ਨਵੀਂ ਸਬਜ਼ੀ ਮੰਡੀ (ਕਪੂਰਥਲਾ) ਸ਼ਾਮਲ ਹਨ। ਇਹ ਤਿੰਨੋਂ ਵਿਅਕਤੀ ਕਪੂਰਥਲਾ 'ਚ ਸਬਜ਼ੀਆਂ ਵੇਚਦੇ ਸਨ। ਰੋਜ਼ਾਨਾ ਵਾਂਗ, ਅੱਜ ਸਵੇਰੇ ਵੀ ਉਹ ਜਲੰਧਰ ਦੇ ਵੱਡੇ ਬਾਜ਼ਾਰ 'ਚ ਸਬਜ਼ੀਆਂ ਖਰੀਦਣ ਜਾ ਰਹੇ ਸਨ। ਜਦੋਂ ਉਹ ਬਾਜ਼ਾਰ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਤਿੰਨਾਂ ਦੀ ਮੌਤ ਹੋ ਗਈ।

ਪੁਲਸ ਨੇ ਕਰਵਾਇਆ ਮਾਮਲਾ ਸ਼ਾਂਤ

ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ।ਇਸ ਦਰਦਨਾਕ ਹਾਦਸੇ ਕਾਰਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਸੜਕ 'ਤੇ ਲੰਬੇ ਸਮੇਂ ਤੋਂ ਹਾਦਸੇ ਹੋ ਰਹੇ ਹਨ, ਪਰ ਪ੍ਰਸ਼ਾਸਨ ਇਸ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕ ਰਿਹਾ ਹੈ।