ਅਜੇ ਹੋਰ ਕਹਿਰ ਵਰ੍ਹਾਏਗਾ ਮੀਂਹ! ਅਲਰਟ ਜਾਰੀ

ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕਰ ਦਿੱਤਾ ਹੈ

ਦੇਸ਼ ਦੇ ਕਈ ਸੂਬਿਆਂ ਵਿੱਚ ਮੋਹਲੇਧਾਰ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪਹਾੜੀ ਸੂਬਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਭਾਰੀ ਮੀਂਹ ਕਾਰਨ ਨਦੀਆਂ ਦਾ ਪਾਣੀ ਦਾ ਪੱਧਰ ਖ਼ਤਰਨਾਕ ਹੱਦ ਤੱਕ ਪਹੁੰਚ ਗਿਆ ਹੈ, ਜਿਸ ਨਾਲ ਹੜ੍ਹ ਅਤੇ ਜ਼ਮੀਨ ਖਿਸਕਣ ਵਰਗੀਆਂ ਆਫ਼ਤਾਂ ਦਾ ਖ਼ਤਰਾ ਹੋਰ ਵਧ ਗਿਆ ਹੈ। ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਬਿਹਾਰ ਅਤੇ ਮਹਾਰਾਸ਼ਟਰ ਸਮੇਤ ਕਈ ਸੂਬਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੀ ਗੋਹਰ ਘਾਟੀ ਵਿੱਚ ਬੀਤੀ ਰਾਤ ਅਚਾਨਕ ਆਏ ਹੜ੍ਹ ਕਾਰਨ ਕਈ ਘਰਾਂ ਅਤੇ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਲਗਾਤਾਰ ਮੀਂਹ ਕਾਰਨ ਪਹਾੜਾਂ ਵਿੱਚ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਦੀ ਸੰਭਾਵਨਾ ਹੈ। ਸਥਾਨਕ ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਪਹੁੰਚ ਤੋਂ ਬਾਹਰਲੇ ਖੇਤਰਾਂ ਵਿੱਚ ਸੰਪਰਕ ਟੁੱਟਣ ਕਾਰਨ ਚੁਣੌਤੀ ਵੱਧ ਗਈ ਹੈ।

1 ਸਤੰਬਰ ਤੱਕ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ

ਇਸ ਦੌਰਾਨ ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 30 ਅਗਸਤ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਵੇਗਾ, ਜਿਸ ਦੇ ਲਈ ਔਰੇਂਜ ਅਲਰਟ’ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 31 ਅਗਸਤ ਅਤੇ 1 ਸਤੰਬਰ ਨੂੰ ਭਾਰੀ ਮੀਂਹ ਲਈ ਯੈਲੋ ਅਲਰਟ ਰਹੇਗਾ। ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ, ਜਿਸ ਕਾਰਨ ਘੱਗਰ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਨਾਲ ਮੋਹਾਲੀ ਦੇ ਡੇਰਾਬੱਸੀ, ਪਟਿਆਲਾ ਅਤੇ ਸੰਗਰੂਰ ਵਿੱਚ ਹੜ੍ਹ ਆ ਸਕਦੇ ਹਨ। ਭਾਖੜਾ ਦੇ ਚਾਰ ਗੇਟਾਂ ਤੋਂ ਸਤਲੁਜ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਜੇਕਰ ਸਤਲੁਜ ਦਰਿਆ ਦਾ ਪਾਣੀ ਓਵਰਫਲੋ ਹੋ ਜਾਂਦਾ ਹੈ ਤਾਂ ਰੋਪੜ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਤਰਨਤਾਰਨ, ਫਾਜ਼ਿਲਕਾ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਹੋ ਸਕਦਾ ਹੈ।